ਚੰਡੀਗੜ੍ਹ, 31 ਅਗਸਤ:
ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕੋਵਿਡ ਮਹਾਂਮਾਰੀ ਦਰਮਿਆਨ ਮਾਸੂਮ ਪਿੰਡ ਵਾਸੀਆਂ ਨੂੰ ਸੂਬਾ ਸਰਕਾਰ ਖਿਲਾਫ਼ ਭੜਕਾਉਣ ਲਈ ਅਕਾਲੀਆਂ ਵੱਲੋਂ ਕੀਤੀ ਜਾ ਰਹੀ ਭੜਕਾਊ ਬਿਆਨਬਾਜ਼ੀ ਦੀ ਸਖ਼ਤ ਆਲੋਚਨਾ ਕੀਤੀ ਹੈ।
ਰਾਜ ਦੀਆਂ ਕੁਝ ਪੰਚਾਇਤਾਂ ਦੁਆਰਾ ਕੋਵਿਡ ਮਰੀਜ਼ਾਂ ਨੂੰ ਹਸਪਤਾਲਾਂ ਵਿਚ ਜਾਣ ਤੋਂ ਵਰਜਣ ਸਬੰਧੀ ਪਾਸ ਕੀਤੇ ਗਏ ਮਤਿਆਂ ਦਾ ਦਲਜੀਤ ਸਿੰਘ ਚੀਮਾ ਵੱਲੋਂ ਸਮਰਥਨ ਕਰਨ ‘ਤੇ ਸਖਤ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਸਿੱਧੂ ਨੇ ਕੁਝ ਸਮਾਜ ਵਿਰੋਧੀ ਤੱਤਾਂ ਵੱਲੋਂ ਹਸਪਤਾਲਾਂ ਵਿੱਚ ਦਾਖ਼ਲ ਹੋਣ ਸਬੰਧੀ ਫੈਲਾਏ ਜਾ ਰਹੇ ਝੂਠੇ ਪ੍ਰਚਾਰ ਦਰਮਿਆਨ ਸ਼੍ਰੋਮਣੀ ਅਕਾਲੀ ਦਲ (ਨੇਤਾ) ਵੱਲੋਂ ਕੀਤੀ ਗਈ ਪੂਰੀ ਤਰ੍ਹਾਂ ਗੈਰ ਜ਼ਿੰਮੇਵਾਰਾਨਾ ਟਿੱਪਣੀ ’ਤੇ ਹੈਰਾਨੀ ਜ਼ਾਹਰ ਕੀਤੀ। ਗੌਰਤਲਬ ਹੈ ਕਿ ਅੰਗ ਕੱਢੇ ਜਾਣ ਦੇ ਡਰ ਤੋਂ ਲੋਕਾਂ ਨੂੰ ਹਸਪਤਾਲਾਂ ਵਿੱਚ ਨਾ ਜਾਣ ਸਬੰਧੀ ਝੂਠੇ ਸੰਦੇਸ਼ ਫੈਲਾਉਣ ਵਾਲੇ ਇੱਕ ਵਿਅਕਤੀ ਨੂੰ ਪੰਜਾਬ ਪੁਲਿਸ ਨੇ ਗਿ੍ਰਫਤਾਰ ਕੀਤਾ ਹੈ।
ਸਿੱਧੂ ਨੇ ਕਿਹਾ ਕਿ ਇਹ ਸਾਰਾ ਪ੍ਰਚਾਰ ਕੋਵਿਡ ਵਿਰੁੱਧ ਰਾਜ ਸਰਕਾਰ ਦੀ ਲੜਾਈ ਨੂੰ ਕਮਜ਼ੋਰ ਕਰਨ ਲਈ ਘਟੀਆ ਮਨਸੂਬਿਆਂ ਦਾ ਹਿੱਸਾ ਜਾਪਦਾ ਹੈ, ਜਿਸ ਦਾ ਅਕਾਲੀ ਨੇਤਾ ਜਾਣ ਬੁੱਝ ਕੇ ਜਾਂ ਅਣਜਾਣੇ ਵਿਚ ਇਕ ਹਿੱਸਾ ਬਣ ਗਿਆ ਹੈ।
ਮੰਤਰੀ ਨੇ ਕਿਹਾ ਕਿ ਆਪਣੀ ਸਮੁੱਚੀ ਰਣਨੀਤੀ ਦੇ ਹਿੱਸੇ ਵਜੋਂ, ਰਾਜ ਸਰਕਾਰ ਖੁਦ ਹਲਕੇ ਜਾਂ ਬਿਨਾਂ ਲੱਛਣ ਵਾਲੇ ਲੋਕਾਂ ਦੀ ਪ੍ਰੇਸ਼ਾਨੀ ਨੂੰ ਘਟਾਉਣ ਲਈ ਘਰੇਲੂ ਇਕਾਂਤਵਾਸ ਨੂੰ ਉਤਸ਼ਾਹਿਤ ਕਰ ਰਹੀ ਹੈ ਅਤੇ ਸਿਰਫ ਗੰਭੀਰ ਸਥਿਤੀ ਵਾਲੇ ਮਰੀਜ਼ਾਂ ਨੂੰ ਹਸਪਤਾਲ ਵਿੱਚ ਦਾਖਲ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਦਾ ਪਾਲਣ ਸਿਰਫ ਭਾਰਤ ਵਿਚ ਹੀ ਨਹੀਂ ਬਲਕਿ ਵਿਸ਼ਵ ਭਰ ਵਿਚ ਕੀਤਾ ਜਾ ਰਿਹਾ ਹੈ।ਸ. ਸਿੱਧੂ ਨੇ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਚੀਮਾ ਖੁਦ ਇੱਕ ਡਾਕਟਰ ਹੋਣ ਦੇ ਬਾਵਜੂਦ ਵੀ ਇਸ ਤੋਂ ਅਣਜਾਣ ਜਾਪਦਾ ਹੈ।
ਸ. ਸਿੱਧੂ ਨੇ ਕਿਹਾ ਕਿ ਜਿਹੜੇ ਮਰੀਜ਼ ਘਰੇਲੂ ਇਕਾਂਤਵਾਸ ਵਿਚ ਨਹੀਂ ਰਹਿ ਸਕਦੇ ਉਹ ਆਪਣੀ ਸਹੂਲਤ ਅਨੁਸਾਰ ਨਿੱਜੀ ਸੇਵਾਵਾਂ ਜਾਂ ਮੁਫਤ ਸਰਕਾਰੀ ਸਹੂਲਤਾਂ ਦਾ ਲਾਭ ਲੈ ਸਕਦੇ ਹਨ। ਇਨ੍ਹਾਂ ਤੱਥਾਂ ਦੇ ਮੱਦੇਨਜ਼ਰ, ਪੰਚਾਇਤਾਂ ਵੱਲੋਂ ਪਾਸ ਕੀਤੇ ਗਏ ਮਤਿਆਂ ਦਾ ਚੀਮਾ ਵੱਲੋਂ ਸਮਰਥਨ ਕਰਨਾ ਸਪੱਸ਼ਟ ਤੌਰ ਤੇ ਲੋਕਾਂ ਨੂੰ ਗੁੰਮਰਾਹ ਕਰਨਾ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੋਂ ਪੂਰੀ ਤਰ੍ਹਾਂ ਜਾਣੂ ਹੈ ਅਤੇ ਨਾਗਰਿਕ ਸਮੂਹਾਂ ਅਤੇ ਸਿਹਤ ਮਾਹਰਾਂ ਦੁਆਰਾ ਧਿਆਨ ਵਿੱਚ ਲਿਆਂਦੇ ਜਾਣ ਤੋਂ ਬਾਅਦ ਕੁਝ ਸਿਹਤ ਸੇਵਾਵਾਂ ਵਿੱਚ ਪਹਿਲਾਂ ਐਲਾਨੇ ਗਏ ਵਾਧੇ ਨੂੰ ਪਹਿਲਾਂ ਹੀ ਵਾਪਸ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਮਾੜੀ ਵਿੱਤੀ ਹਾਲਤ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਵਾਧਾ ਰੱਦ ਕਰਨ ਦਾ ਫੈਸਲਾ ਲਿਆ ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਮਹਾਂਮਾਰੀ ਦੇ ਦੌਰਾਨ ਲੋਕਾਂ ਨੂੰ ਹੋਰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।
ਸਿਹਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੁਸ਼ਕਿਲ ਸਮਿਆਂ ਵਿੱਚ ਜਿੱਥੇ ਲੋਕਾਂ ਦੀ ਸਹਾਇਤਾ ਲਈ ਸੂਬਾ ਸਰਕਾਰ ਵੱਲੋਂ ਹਰ ਸੰਭਵ ਕੀਤੇ ਜਾ ਰਹੇ ਹਨ ਉੱਥੇ ਇਸ ਦੇ ਉਲਟ ਅਕਾਲੀ ਪੰਜਾਬੀਆਂ ਦੀਆਂ ਜਾਨਾਂ ਨੂੰ ਖ਼ਤਰੇ ਪਾ ਰਹੇ ਹਨ। ਚੀਮਾ ਵੱਲੋਂ ਮਿਸ਼ਨ ਫ਼ਤਿਹ ਦੀ ਨਿਰਆਧਾਰ ਆਲੋਚਨਾ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਜੇ ਇਨ੍ਹਾਂ ਮਹੀਨਿਆਂ ਦੌਰਾਨ ਗੁਆਂਢੀ ਰਾਜਾਂ ਦੀ ਤੁਲਨਾ ਵਿੱਚ ਪੰਜਾਬ ਦੇ ਹਾਲਾਤ ਕਾਬੂ ਹੇਠ ਰਹੇ ਹਨ ਤਾਂ ਇਹ ਮਿਸ਼ਨ ਫ਼ਤਿਹ ਨੂੰ ਸਫ਼ਲਤਾਪੂਰਵਕ ਲਾਗੂ ਕੀਤੇ ਜਾਣ ਕਰਕੇ ਹੈ ਜੋ ਪ੍ਰਮੁੱਖ ਸਿਹਤ ਮਾਹਿਰਾਂ ਦੁਆਰਾ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾ ਰਿਹਾ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਅਜਿਹੇ ਭੜਕਾਊ ਬਿਆਨਾਂ ਰਾਹੀਂ ਲੋਕਾਂ ਨੂੰ ਆਪਣੀ ਜਾਨ ਨੂੰ ਖ਼ਤਰੇ ਵਿਚ ਪਾਉਣ ਲਈ ਉਤਸ਼ਾਹਿਤ ਕਰਨ ਦੀ ਬਜਾਏ ਚੀਮਾ ਅਤੇ ਹੋਰ ਅਕਾਲੀ ਨੇਤਾਵਾਂ ਨੂੰ ਜਲਦ ਟੈਸਟਿੰਗ ਅਤੇ ਇਲਾਜ ਦੀ ਲੋੜ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਅਸਲੀਅਤ ਇਹ ਹੈ ਕਿ ਅਕਾਲੀਆਂ ਨੂੰ ਪੰਜਾਬ ਦੇ ਲੋਕਾਂ ਦੀ ਕੋਈ ਚਿੰਤਾ ਨਹੀਂ ਜਿਵੇਂ ਕਿ ਉਨ੍ਹਾਂ ਨੇ ਅਪਾਣੇ 10 ਸਾਲਾਂ ਦੇ ਕੁਸ਼ਾਸਨ ਅਤੇ ਵਿਰੋਧੀ ਧਿਰ ਵਿੱਚ ਪਿਛਲੇ ਸਾਢੇ ਤਿੰਨ ਸਾਲਾਂ ਦੌਰਾਨ ਦਿਖਾਇਆ ਹੈ।
ਸ. ਸਿੱਧੂ ਨੇ ਕਿਹਾ ਕਿ ਜੇ ਅਕਾਲੀਆਂ ਨੂੰ ਰਾਜ ਅਤੇ ਲੋਕਾਂ ਦੀ ਕੋਈ ਪਰਵਾਹ ਹੈ ਤਾਂ ਉਨ੍ਹਾਂ ਨੂੰ ਰਾਜਨੀਤਿਕ ਲਾਹੇ ਲਈ ਮਹਾਂਮਾਰੀ ਕਾਰਨ ਬਣੇ ਹਾਲਾਤਾਂ ਦਾ ਸ਼ੋਸ਼ਣ ਕਰਨ ਦੀ ਬਜਾਏ ਸੂਬੇ ਲਈ ਵਿੱਤੀ ਸਹਾਇਤਾ ਵਾਸਤੇ ਕੇਂਦਰ ਸਰਕਾਰ ਕੋਲ ਪਹੁੰਚ ਕਰਨੀ ਚਾਹੀਦੀ ਹੈ ਜਿਸਦਾ ਕਿ ਉਹ ਹਿੱਸਾ ਹਨ। ਉਨ੍ਹਾਂ ਕਿਹਾ ਕਿ ਕੇਂਦਰ ਨੇ ਨਾ ਸਿਰਫ਼ ਕੋਵਿਡ ਰਾਹਤ ਵਜੋਂ ਸੂਬੇ ਨੂੰ ਕੋਈ ਸਹਾਇਤਾ ਦਿੱਤੀ ਹੈ ਬਲਕਿ ਜੀਐਸਟੀ ਬਕਾਏ ਦੀ ਅਦਾਇਗੀ ਵੀ ਰੋਕ ਦਿੱਤੀ ਹੈ ਜਿਸ ਨਾਲ ਰਾਜ ਅਤੇ ਇਸ ਦੇ ਲੋਕਾਂ ਨੂੰ ਇਨ੍ਹਾਂ ਮੁਸ਼ਕਲ ਸਮਿਆਂ ਵਿੱਚ ਆਪਣਾ ਬਚਾਅ ਕਰਨ ਲਈ ਛੱਡ ਦਿੱਤਾ ਗਿਆ ਹੈ। ਫਿਰ ਵੀ ਅਕਾਲੀ ਕੇਂਦਰ ਸਰਕਾਰ ਦੀਆਂ ਇਨ੍ਹਾਂ ਕਾਰਵਾਈਆਂ ਦਾ ਵਿਰੋਧ ਕਰਨ ਲਈ ਇੱਕ ਵਾਰ ਵੀ ਅੱਗੇ ਨਹੀਂ ਆਏ।