Home Corona ਸਭਨਾਂ ਦੇ ਸਹਿਯੋਗ ਨਾਲ ਕੋਵਿਡ ਨੂੰ ਦਿੱਤੀ ਜਾਵੇਗੀ ਮਾਤ, ਆਮ ਆਦਮੀ ਪਾਰਟੀ...

ਸਭਨਾਂ ਦੇ ਸਹਿਯੋਗ ਨਾਲ ਕੋਵਿਡ ਨੂੰ ਦਿੱਤੀ ਜਾਵੇਗੀ ਮਾਤ, ਆਮ ਆਦਮੀ ਪਾਰਟੀ ਨੂੰ ਰਾਜਸੀ ਆਕਸੀਜਨ ਦੀ ਲੋੜ- ਸੁੰਦਰ ਸ਼ਾਮ ਅਰੋੜਾ

ਡੈਸਕ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚੋਂ ਕੋਵਿਡ ਮਹਾਮਾਰੀ ਨੂੰ ਖ਼ਤਮ ਕਰਨ ਲਈ ਦਿਨ-ਰਾਤ ਇਕ ਕਰ ਰਹੀ ਹੈ, ਪਰੰਤੂ ਇਸ ਬਿਮਾਰੀ ਨੂੰ ਮਾਤ ਦੇਣ ਲਈ ਸਮਾਜ ਦੇ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ ਹੈ। ਇਹ ਪ੍ਰਗਟਾਵਾ ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਅੱਜ ਜ਼ਿਲ੍ਹੇ ਵਿਚ ਕੋਵਿਡ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

minster sunder sham arora

ਉਨ੍ਹਾਂ ਕਿਹਾ ਕਿ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ ਹੈ, ਇਸ ਲਈ ਸਾਰੀਆਂ ਸਿਆਸੀ ਪਾਰਟੀਆਂ ਨੂੰ ਮਨੁੱਖਤਾ ਦੀ ਭਲਾਈ ਲਈ ਰਾਜਨੀਤੀ ਤੋਂ ਉੱਪਰ ਉੱਠ ਕੇ ਇਸ ਮੁੱਦੇ ’ਤੇ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਵਿਡ ਸਬੰਧੀ ਗੁੰਮਰਾਹਕੁੰਨ ਪ੍ਰਚਾਰ ਅਤੇ ਅਫ਼ਵਾਹਾਂ ਫੈਲਾਉਣਾ ਬੇਹੱਦ ਘਟੀਆ ਹਰਕਤ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ ਅਤੇ ਇਥੋਂ ਦੇ ਲੋਕ ਮੁੱਢ ਤੋਂ ਹੀ ਮਨੁੱਖਤਾ ਦੀ ਭਲਾਈ ਦੇ ਕੰਮਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਂਦੇ ਆਏ ਹਨ, ਪਰੰਤੂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੋਵਿਡ ਦੇ ਮੁੱਦੇ ’ਤੇ ਉਨ੍ਹਾਂ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜੋ ਕਿ ਕਦੇ ਕਾਮਯਾਬ ਨਹੀਂ ਹੋਣਗੀਆਂ।

ਆਮ ਆਦਮੀ ਪਾਰਟੀ ਵੱਲੋਂ ਆਕਸੀਮੀਟਰ ਵੰਡੇ ਜਾਣ ਨੂੰ ਢਕਵੰਜ ਦੱਸਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਰਾਜਸੀ ਆਕਸੀਜਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਆਕਸੀਮੀਟਰ ਵੰਡਣ ਦਾ ਕੋਈ ਫਾਇਦਾ ਨਹੀਂ। ਉਨ੍ਹਾਂ ਸਵਾਲ ਕੀਤਾ ਕਿ ਕੀ ਆਕਸੀਮੀਟਰ ਨੂੰ ਆਪਰੇਟ ਕਰਨ ਸਬੰਧੀ ਜਾਗਰੂਕ ਕਰਨ ਲਈ ਉਨ੍ਹਾਂ ਕੋਲ ਇੰਨੇ ਹੈਲਥ ਵਰਕਰ ਮੌਜੂਦ ਹਨ? ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਸਗੋਂ ਕੋਵਿਡ ਦਾ ਫੈਲਾਅ ਹੀ ਹੋਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿਚੋਂ ਕੋਵਿਡ ਦੇ ਖ਼ਾਤਮੇ ਲਈ ਬੇਹੱਦ ਗੰਭੀਰ ਹਨ ਅਤੇ ਉਨ੍ਹਾਂ ਵੱਲੋਂ ਇਸ ਸਬੰਧੀ ਰੋਜ਼ਾਨਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਸਿਹਤ, ਪੁਲਿਸ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਆਪਣੀਆਂ ਜਾਨਾਂ ਜ਼ੋਖ਼ਿਮ ਵਿਚ ਪਾ ਕੇ ਕੋਵਿਡ ਨੂੰ ਮਾਤ ਦੇਣ ਲਈ ਜੀਅ-ਜਾਨ ਨਾਲ ਜੁੱਟੇ ਹੋਏ ਹਨ ਅਤੇ ਸਾਨੂੰ ਉਨ੍ਹਾਂ ਦਾ ਮਨੋਬਲ ਉੱਚਾ ਕਰਨਾ ਚਾਹੀਦਾ ਹੈ।

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀਆਂ ਕੋਵਿਡ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਇਸ ਜ਼ਿਲ੍ਹੇ ਵਿਚ ਕੋਵਿਡ ਦਾ ਪਹਿਲਾ ਕੇਸ ਆਇਆ ਸੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿਸ ਤਰੀਕੇ ਨਾਲ ਮਿਹਨਤ ਕਰ ਕੇ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਗਿਆ, ਉਹ ਇਕ ਮਿਸਾਲ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਤੋਂ ਡਰਨ ਦੀ ਬਜਾਏ ਇਸ ਤੋਂ ਬਚਾਅ ਲਈ ਆਪਣਾ ਟੈਸਟ ਜ਼ਰੂਰ ਕਰਵਾਉਣ।

ਇਸ ਤੋਂ ਪਹਿਲਾਂ ਉਨ੍ਹਾਂ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦਾ ਦੌਰਾ ਕਰ ਕੇ ਉਥੇ ਕੋਵਿਡ ਪ੍ਰਬੰਧਾਂ ਅਤੇ ਕੋਵਿਡ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਇਸ ਤੋਂ ਬਾਅਦ ਉਨ੍ਹਾਂ ਸੇਵਾ ਕੇਂਦਰ ਮੀਟਿੰਗ ਹਾਲ ਵਿਚ ਜ਼ਿਲ੍ਹਾ ਅਧਿਕਾਰੀਆਂ, ਜਨਤਕ ਪ੍ਰਤੀਨਿਧੀਆਂ, ਆਈ. ਐਮ. ਏ ਦੇ ਅਹੁਦੇਦਾਰਾਂ, ਵਪਾਰੀਆਂ ਅਤੇ ਧਾਰਮਿਕ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਅਤੇ ਕੋਵਿਡ ’ਤੇ ਕਾਬੂ ਪਾਉਣ ਅਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਸਬੰਧੀ ਉਨ੍ਹਾਂ ਦੇ ਸਹਿਯੋਗ ਦੀ ਮੰਗ ਕੀਤੀ ਅਤੇ ਉਨ੍ਹਾਂ ਦੇ ਕੀਮਤੀ ਸੁਝਾਅ ਲਏ।ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਵਿਡ ਸੈਂਪਲ ਲੈਣ ਲਈ ਵਾਰਡ ਅਤੇ ਪਿੰਡ ਪੱਧਰ ’ਤੇ ਕੈਂਪ ਲਗਾਏ ਜਾਣ। ਲੋਕਾਂ ਨੂੰ ਕੋਵਿਡ ਸਬੰਧੀ ਜਾਗਰੂਕ ਕਰਨ ਲਈ ਵਾਰਡ ਅਤੇ ਪਿੰਡ ਪੱਧਰ ’ਤੇ 11-11 ਮੈਂਬਰੀ ਕਮੇਟੀਆਂ ਦਾ ਗਠਨ ਕੀਤਾ ਜਾਵੇ, ਜਿਨ੍ਹਾਂ ਵਿਚ ਸਿਵਲ ਸੁਸਾਇਟੀ, ਧਾਰਮਿਕ, ਵਪਾਰੀ, ਸਰਪੰਚ, ਨੰਬਰਦਾਰ, ਸਾਬਕਾ ਆਗੂ ਆਦਿ ਹਰੇਕ ਵਰਗ ਨੂੰ ਪ੍ਰਤੀਨਿਧਤਾ ਦਿੱਤੀ ਜਾਵੇ।

ਇਸੇ ਤਰ੍ਹਾਂ ਉਨ੍ਹਾਂ ਘਰਾਂ ਵਿਚ ਇਕਾਂਤਵਾਸ ਮਰੀਜ਼ਾਂ ਦੀ ਸਿਹਤ ਸੰਭਾਲ ਲਈ ਨੋਡਲ ਅਫ਼ਸਰ ਤਾਇਨਾਤ ਕਰਨ ਦੇ ਵੀ ਆਦੇਸ਼ ਦਿੱਤੇ ਅਤੇ ਉਨ੍ਹਾਂ ਦੇ ਨੰਬਰ ਜਨਤਕ ਕਰਨ ਲਈ ਕਿਹਾ, ਤਾਂ ਜੋ ਕਿਸੇ ਵੀ ਹੰਗਾਮੀ ਹਾਲਤ ਵਿਚ ਇਨ੍ਹਾਂ ਨੰਬਰਾਂ ’ਤੇ ਸੰਪਰਕ ਕਰ ਕੇ ਐਂਬੂਲੈਂਸ ਅਤੇ ਡਾਕਟਰੀ ਸੇਵਾਵਾਂ ਤੁਰੰਤ ਹਾਸਲ ਕੀਤੀਆਂ ਜਾ ਸਕਣ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਉਨ੍ਹਾਂ ਨੂੰ ਜ਼ਿਲ੍ਹੇ ਵਿਚ ਕੋਵਿਡ ਤੋਂ ਬਚਾਅ ਅਤੇ ਜਾਗਰੂਕਤਾ ਸਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਆਈ. ਐਮ. ਏ ਦੇ ਅਹੁਦੇਦਾਰਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਆਈ. ਐਮ. ਏ ਨੂੰ ਕੋਵਿਡ ਸਬੰਧੀ ਆਪਣਾ ਇਕ ਹਸਪਤਾਲ ਖੋਲ੍ਹਣ ਦੀ ਅਪੀਲ ਕੀਤੀ, ਜਿਸ ਲਈ ਉਨ੍ਹਾਂ ਨੂੰ ਬਿਲਡਿੰਗ, ਹੋਰ ਬੁਨਿਆਦੀ ਸਹੂਲਤਾਂ ਅਤੇ ਫੰਡ ਆਦਿ ਮੁਹੱਈਆ ਕਰਵਾਉਣ ਦੀ ਪੇਸ਼ਕਸ਼ ਕੀਤੀ ਗਈ, ਜਿਸ ਦਾ ਅਹੁਦੇਦਾਰਾਂ ਵੱਲੋਂ ਹਾਂ ਪੱਖੀ ਹੁੰਗਾਰਾ ਦਿੱਤਾ ਗਿਆ।

ਉਨ੍ਹਾਂ ਧਾਰਮਿਕ ਆਗੂਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਅਪੀਲ ਕੀਤੀ ਕਿ ਧਾਰਮਿਕ ਸਥਾਨਾਂ ’ਤੇ ਅਰਦਾਸ ਤੋਂ ਬਾਅਦ ਲੋਕਾਂ ਨੂੰ ਕੋਵਿਡ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ, ਜਿਵੇਂ ਕਿ ਮਾਸਕ ਪਹਿਨਣ, ਸੋਸ਼ਲ ਡਿਸਟੈਂਸਿੰਗ ਰੱਖਣ ਅਤੇ ਹੱਥ ਵਾਰ-ਵਾਰ ਧੋਣ ਆਦਿ ਦੀ ਅਪੀਲ ਕੀਤੀ ਜਾਵੇ।

ਇਸੇ ਤਰ੍ਹਾਂ ਵਪਾਰ ਮੰਡਲ ਦੇ ਅਹੁਦੇਦਾਰਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਵਪਾਰੀਆਂ ਅਤੇ ਦੁਕਾਨਦਾਰਾਂ ਕੋਲੋਂ ਕੋਵਿਡ ਨੂੰ ਹਰਾਉਣ ਲਈ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਮਾਜ ਦਾ ਹਰੇਕ ਵਿਅਕਤੀ ਦੁਕਾਨਦਾਰਾਂ ਨਾਲ ਨੇੜਿਓਂ ਜੁੜਿਆ ਹੋਇਆ ਹੈ, ਇਸ ਲਈ ਉਨ੍ਹਾਂ ਵੱਲੋਂ ਆਪਣੇ ਸਾਥੀਆਂ ਅਤੇ ਗਾਹਕਾਂ ਪ੍ਰਤੀ ਸਾਵਧਾਨੀਆਂ ਵਰਤਣ ਦਾ ਦਿੱਤਾ ਸੰਦੇਸ਼ ਬੇਹੱਦ ਮਾਅਨੇ ਰੱਖਦਾ ਹੈ।

RELATED ARTICLES

LEAVE A REPLY

Please enter your comment!
Please enter your name here

ताजा खबरें