ਪੰਜਾਬ ਸਰਕਾਰ ਨੇ ਤਾਲਾਬੰਦੀ ਦੌਰਾਨ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਆਉਂਦੇ ਹਸਪਤਾਲਾਂ ਵਿੱਚ 49,189 ਤੋਂ ਵੱਧ ਮਰੀਜ਼ਾਂ ਨੂੰ ਮੁਫਤ ਇਲਾਜ ਸੇਵਾਵਾਂ ਦਿੱਤੀਆਂ ਹਨ। ਇੱਥੋਂ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਭਰ ਵਿੱਚ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਰਾਜ ਵਿੱਚ ਕੋਰੋਨਾ ਵਾਇਰਸ ਨੂੰ ਰੋਕਣ ਲਈ ਕੀਤੀ ਗਈ ਤਾਲਾਬੰਦੀ ਦੇ ਬਾਵਜੂਦ ਲਗਭਗ 35,628 ਈ-ਕਾਰਡ ਤਿਆਰ ਕੀਤੇ ਗਏ ਹਨ। ਰਾਜ ਸਿਹਤ ਏਜੰਸੀ ਵਲੋਂ 2 ਮਹੀਨਿਆਂ (23 ਮਾਰਚ ਤੋਂ 20 ਮਈ 2020) ਦੌਰਾਨ ਕੁੱਲ 43.85 ਕਰੋੜ ਰੁਪਏ ਦੀ ਲਾਗਤ ਨਾਲ, 49,189 ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸਿਵਲ ਸਰਜਨ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਈ-ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਤਾਂ ਜੋ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਰਾਜ ਸਰਕਾਰ ਦੀ ਪ੍ਰਮੁੱਖ ਸਕੀਮ ਦਾ ਲਾਭ ਮਿਲ ਸਕੇ।
ਲਾਭਪਾਤਰੀਆਂ ਨੂੰ ਦਿੱਤੀਆਂ ਜਾਂਦੀਆਂ ਸੇਵਾਵਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ ਹੁਣ ਤੱਕ 726 ਮਰੀਜ਼ਾਂ ਨੇ ਦਿਲ ਦੀ ਸਰਜਰੀ ਕਰਵਾਈ , 19,867 ਮਰੀਜ਼ਾਂ ਦਾ ਡਾਇਲਿਸਿਸ ਹੋਇਆ ਅਤੇ 1512 ਮਰੀਜ਼ ਕੈਂਸਰ ਦਾ ਇਲਾਜ ਕਰਵਾ ਚੁੱਕੇ ਹਨ ਜਦਕਿ 996 ਬਜ਼ੁਰਗ ਮਰੀਜ਼ਾਂ ਨੂੰ ਜੋੜ ਬਦਲਾਉਣ ਸਬੰਧੀ ਸਿਹਤ ਸਹੂਲਤਾਂ ਪ੍ਰਾਪਤ ਹੋਈਆਂ ਹਨ। ਉਨਾਂ ਸਪੱਸ਼ਟ ਕੀਤਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਮੁਫਤ ਇਲਾਜ ਸੇਵਾਵਾਂ ਪ੍ਰਾਪਤ ਕਰਨ ਲਈ ਸਭ ਤੋਂ ਪਹਿਲਾਂ ਲਾਭਪਾਤਰੀਆਂ ਨੂੰ ਇਕ ਈ-ਕਾਰਡ ਬਣਾਉਣ ਦੀ ਲੋੜ ਹੁੰਦੀ ਹੈ ਜਿਸ ਤੋਂ ਬਾਅਦ ਉਹ ਇਸ ਯੋਜਨਾ ਦੇ ਤਹਿਤ ਲਾਭ ਲੈਣ ਦੇ ਯੋਗ ਸਮਝੇ ਜਾਂਦੇ ਹਨ। ਹਰ ਸੂਚੀਬੱਧ ਹਸਪਤਾਲ ਵਿਚ ਮਰੀਜ਼ ਲਈ ਅਰੋਗਿਆ ਮਿੱਤਰ ਤਾਇਨਾਤ ਹਨ ਜੋ ਲਾਭਪਾਤਰੀ ਨੂੰ ਰਜਿਸਟਰ ਕਰ ਕੇ ਉਨਾਂ ਦਾ ਈ-ਕਾਰਡ ਤਿਆਰ ਕਰਦੇ ਹਨ, ਜੇਕਰ ਲਾਭਪਾਤਰੀ ਮਰੀਜ਼ ਨੂੰ ਪਹਿਲਾਂ ਈ-ਕਾਰਡ ਜਾਰੀ ਨਹੀਂ ਹੋਇਆ ਹੈ ਅਤੇ ਉਸ ਕੋਲ ਨਕਦ ਰਹਿਤ ਇਲਾਜ ਦੀ ਸਹੂਲਤ ਮੌਜੂਦ ਨਹੀਂ ਹੈ। ਈ-ਕਾਰਡ ਬਣਾਉਣ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਲਈ, ਪੰਜਾਬ ਸਰਕਾਰ ਵਲੋਂ ਇੱਕ ਨਵੀਂ ਏਜੰਸੀ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ ਤਾਂ ਜੋ ਮਿੱਥੇ ਟੀਚੇ ਨੂੰ ਪੂਰਾ ਕੀਤਾ ਜਾ ਸਕੇ।
ਜ਼ਿਕਰਯੋਗ ਹੈ ਕਿ ਇਹ ਲੋਕ-ਪੱਖੀ ਬੀਮਾ ਯੋਜਨਾ ਲਾਭਪਾਤਰੀਆਂ ਦੇ ਪਰਿਵਾਰਕ ਮੈਂਬਰਾਂ ਦੀ ਗਿਣਤੀ, ਉਮਰ ਜਾਂ ਲਿੰਗ ਦੇ ਅਧਾਰ ਤੇ ਸ਼੍ਰੇਣੀਬੱਧ ਨਹੀਂ ਕਰਦੀ ਅਤੇ ਲਾਭਪਾਤਰੀ ਪਰਿਵਾਰ ਦੇ ਸਾਰੇ ਯੋਗ ਮੈਂਬਰਾਂ ਨੂੰ ਸ਼ਾਮਲ ਕਰਦੀ ਹੈ। ਬੀਮਾ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਨੂੰ ਮੁਫਤ ਸੈਕੰਡਰੀ ਅਤੇ ਟਰਸ਼ਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ ਤਾਂ ਜੋ ਮਹਿੰਗੇ ਇਲਾਜ ਨਾਲ ਸਬੰਧਤ ਪਰਿਵਾਰ ਤੇ ਆਰਥਿਕ ਬੋਝ ਨੂੰ ਘਟਾਇਆ ਜਾ ਸਕੇ। ਸਿੱਧੂ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਇਨਾਂ ਠੋਸ ਕੋਸ਼ਿਸ਼ਾਂ ਸਦਕਾ ਪੰਜਾਬ ਹੁਣ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿਚ ਭਾਰਤ ਦੇ ਮੋਹਰੀ ਰਾਜਾਂ ਦੀ ਕਤਾਰ ਵਿੱਚ ਖੜਾ ਹੈ।