ਕੌਮਾਂਤਰੀ ਮਹਿਲਾ ਦਿਵਸ ਵਾਲੇ ਦਿਨ ਪੰਜਾਬ ਦੀਆਂ ਔਰਤਾਂ ਨੂੰ ਉਸ ਸਮੇਂ ਹੋਰ ਜ਼ਿਆਦਾ ਮਾਣ ਮਹਿਸੂਸ ਕਰਨ ਦਾ ਮੌਕਾ ਮਿਲਿਆ ਜਦੋਂ ਭਾਰਤ ਦੇ ਰਾਸ਼ਟਰਪਤੀ ਨੇ ਮਹਿਲਾ ਸਸ਼ਕਤੀਕਰਨ ਵਿਚ ਪਾਏ ਅਹਿਮ ਤੇ ਸ਼ਾਨਦਾਰ ਯੋਗਦਾਨ ਲਈ ਪੰਜਾਬ ਨੂੰ “ਨਾਰੀ ਸ਼ਕਤੀ ਪੁਰਸਕਾਰ” ਨਾਲ ਸਨਮਾਨਿਤ ਕੀਤਾ। ਨਵੀਂ ਦਿੱਲੀ ਵਿਖੇ ਸਥਿਤ ਰਾਸ਼ਟਰਪਤੀ ਭਵਨ ਵਿਚ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਇਹ ਐਵਾਰਡ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਮੁੱਖ ਸਕੱਤਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਸ੍ਰੀ ਕੇ ਬੀ ਐਸ ਸਿੱਧੂ ਅਤੇ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਕਵਿਤਾ ਸਿੰਘ ਵੀ ਹਾਜ਼ਰ ਸਨ।
ਜ਼ਿਆਦਾ ਜਾਣਕਾਰੀ ਦਿੰਦਿਆਂ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਬੇਟੀ ਬਚਾਓ ਬੇਟੀ ਪੜਾਓਸਕੀਮ ਵਿੱਚ ਸੁਚੱਜੀ ਕਾਰਗੁਜ਼ਾਰੀ ਅਤੇ ਲਿੰਗ ਅਨੁਪਾਤ ਵਿੱਚ ਜ਼ਿਕਰਯੋਗ ਸੁਧਾਰ ਦਰਜ ਕਰਨ ਸਦਕਾ ਪੰਜਾਬ ਨੂੰ “ਨਾਰੀ ਸ਼ਕਤੀ ਪੁਰਸਕਾਰ” ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਨਮ ਸਮੇਂ ਲਿੰਗ ਦਰ ਦੇ ਸੁਧਾਰ ਲਈ ਸੂਬੇ ਨੇ ਅਣਥੱਕ ਕੋਸ਼ਿਸ਼ਾਂ ਕੀਤੀਆਂ ਹਨ ਅਤੇ ਬਹੁਤ ਥੋੜੇ ਸਮੇਂ ਦੌਰਾਨ ਲਿੰਗ ਅਨੁਪਾਤ ਵਿਚ ਆਏ ਸ਼ਲਾਘਾਯੋਗ ਸੁਧਾਰ ਲਈ ਸਮੁੱਚੇ ਦੇਸ਼ ਦੇ 10 ਜ਼ਿਲਿਆਂ ਵਿੱਚ ਤਰਨਤਾਰਨ ਦਾ ਨਾਂ ਆਉਣਾ ਸੂਬੇ ਲਈ ਮਾਣਮੱਤੀ ਗੱਲ ਹੈ।
ਉਨ੍ਹਾਂ ਦੱਸਿਆ ਕਿ ਜਨਮ ਸਮੇਂ ਲਿੰਗ ਦਰ ਦੇ ਸੁਧਾਰ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਿਹਤ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸੂਬੇ ਦੇ 20 ਜ਼ਿਲਿਆਂ ਵਿੱਚ ਜ਼ਮੀਨੀ ਪੱਧਰ ਤੇ ਯਤਨ ਤੇਜ਼ ਕੀਤੇ ਹੋਏ ਹਨ। ਉਨ੍ਹਾਂ ਦੱਸਿਆ ਕਿ ਜਨਮ ਸਮੇਂ ਲਿੰਗ ਦਰ ਵਿੱਚ ਸੁਧਾਰਾਂ ਦਾ ਰੁਝਾਨ ਸੂਬੇ ਦੇ ਹੋਰਨਾਂ ਜ਼ਿਲਿਆਂ ਵਿੱਚ ਵੀ ਦੇਖਿਆ ਜਾ ਰਿਹਾ ਹੈ।