ਡੈਸਕ: ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਹੱਥ ਲਿਖਤਾਂ,ਸਾਖੀਆਂ, ਨਾਨਕਸ਼ਾਹੀ ਸਿੱਕਿਆਂ ਤੇ ਹੋਰ ਦੁਰਲੱਭ ਹੱਥ ਲਿਖਤਾਂ ਦੀ ਇਕ ਪ੍ਰਦਰਸ਼ਨੀ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤਾ ਗਿਆ। ਉਨ੍ਹਾਂ ਦਿਹਾਤੀ ਖੇਤਰ ਵਿਚਲੇ ਲੋਕਾਂ ਵਲੋਂ ਦਸਤਕਾਰੀ ਰਾਹੀਂ ਤਿਆਰ ਕੀਤੀਆਂ ਵਸਤਾਂ ਤੇ ਸਵੈ ਸਹਾਇਤਾ ਗਰੁੱਪਾਂ ਵਲੋਂ ਕੀਤੇ ਜਾ ਰਹੇ ਕਾਰੋਬਾਰ ਬਾਰੇ ਵੀ ਇਕ ਹੋਰ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ।
ਇਸ ਤੋਂ ਇਲਾਵਾ ਪੰਜਾਬ ਸਮਾਲ ਇੰਡਸਟਰੀ ਐਕਸਪੋਰਟ ਕਾਰਪੋਰੇਸ਼ਨ ਵਲੋਂ ਲਗਾਈ ਗਈ ਪ੍ਰਦਰਸ਼ਨੀ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਦਿਹਾਤੀ ਖੇਤਰ ਵਿਚਲੇ ਹੁਨਰ ਨੂੰ ਹੁਲਾਰਾ ਦੇਣ ਤੇ ਸਵੈ ਸਹਾਇਤਾ ਗਰੁੱਪਾਂ ਰਾਹੀਂ ਲੋਕਾਂ ਨੂੰ ਸਵੈ ਰੁਜ਼ਗਾਰ ਦੇ ਕਾਬਿਲ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ, ਬਾਗਬਾਨੀ ਵਿਭਾਗ ਵਲੋਂ ਲਾਈਆਂ ਗਈਆਂ ਪ੍ਰਦਰਸ਼ਨੀਆਂ ਨੂੰ ਨੇੜਿਓ ਵੇਖਿਆ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਦਰਸ਼ਨੀਆਂ ਲੋਕਾਂ ਨੂੰ ਹੱਥੀਂ ਕਿਰਤ ਰਾਹੀਂ ਤਿਆਰ ਵਸਤਾਂ ਨੂੰ ਪ੍ਰਦਰਸ਼ਿਤ ਕਰਨ ਦਾ ਵੱਡਾ ਪਲੇਟਫਾਰਮ ਹਨ।